ਨਵੀਂ ਦਿੱਲੀ-ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ’ਚ ਅੱਜ ਕੇਂਦਰ ਸਰਕਾਰ ’ਤੇ ਦੇਸ਼ ’ਚ ‘ਅਣਐਲਾਨੀ ਐਮਰਜੈਂਸੀ’ ਲਗਾਉਣ ਦਾ ਦੋਸ਼ ਲਾਇਆ। ਬਜਟ ’ਤੇ ਬਹਿਸ ’ਚ ਹਿੱਸਾ ਲੈਣ ਦੌਰਾਨ ਉਹ ਅਤੇ ਭਾਜਪਾ ਆਗੂ ਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮਿਹਣੋ-ਮਿਹਣੀ ਵੀ ਹੋਏ। ਇਸ ਦੌਰਾਨ ਸਦਨ ਦੀ ਕਾਰਵਾਈ ਦੋ ਵਾਰ ਰੋਕਣੀ ਪਈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਚੰਨੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਦੀ ਮੰਗ ਕੀਤੀ। ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ਲਈ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੇ ਬਜਟ ’ਚ ਪੰਜਾਬ ਨੂੰ ਅਣਗੌਲਿਆ ਕੀਤਾ ਗਿਆ ਹੈ।ਚੰਨੀ ਅਤੇ ਰੇਲਵੇ ਤੇ ਫੂਡ ਪ੍ਰੋਸੈਸਿੰਗ ਸਨਅਤਾਂ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਨਿੱਜੀ ਟਿੱਪਣੀਆਂ ਕਾਰਨ ਜ਼ੋਰਦਾਰ ਹੰਗਾਮਾ ਹੋਇਆ। ਚੰਨੀ ਨੇ ਬਿੱਟੂ ਦੇ ਦਾਦੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਜ਼ਿਕਰ ਕੀਤਾ। ਇਸ ਨਾਲ ਬਿੱਟੂ, ਜੋ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ, ਅਤੇ ਚੰਨੀ ਵਿਚਕਾਰ ਤਿੱਖੀ ਬਹਿਸ ਹੋਈ। ਬਿੱਟੂ ਨੇ ਚੰਨੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਨਿੱਜੀ ਟਿੱਪਣੀਆਂ ਕੀਤੀਆਂ ਜਿਸ ਨਾਲ ਹੰਗਾਮਾ ਵਧ ਗਿਆ। ਚੰਨੀ ਨੇ ਬਿੱਟੂ ਨੂੰ ਕਿਹਾ, ‘‘ਤੁਹਾਡੇ ਦਾਦਾ ਸ਼ਹੀਦ ਸਨ, ਪਰ ਉਹ ਉਦੋਂ ਮਰ ਗਏ ਜਦੋਂ ਤੁਸੀਂ ਕਾਂਗਰਸ ਛੱਡ ਦਿੱਤੀ।’’ ਇਸ ’ਤੇ ਬਿੱਟੂ ਨੇ ਕਿਹਾ, “ਮੇਰੇ ਦਾਦਾ ਬੇਅੰਤ ਸਿੰਘ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ, ਕਾਂਗਰਸ ਲਈ ਨਹੀਂ।’’ ਉਨ੍ਹਾਂ ਚੰਨੀ ਨੂੰ ਪੰਜਾਬ ਦਾ ਸਭ ਤੋਂ ਭ੍ਰਿਸ਼ਟ ਵਿਅਕਤੀ ਕਰਾਰ ਦਿੱਤਾ। ਹੰਗਾਮਾ ਵਧਦਾ ਦੇਖ ਕੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ।