ਰਈਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੇਲਾ ਰੱਖੜ ਪੁੰਨਿਆ ’ਤੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮਹਿਲਾ ਸੀਨੀਅਰ ਪੁਲੀਸ ਕਪਤਾਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਹਨ ਜਿਸ ਨਾਲ ਇਹ ਸਰਕਾਰ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਵੱਡੀ ਗਿਣਤੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰੀ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਹੋਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਇਹ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ’ਤੇ ਵੋਟਾਂ ਲੈ ਕੇ ਸੱਤਾ ਦਾ ਸੁੱਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ’ਤੇ ਮੂਕ ਦਰਸ਼ਕ ਹੀ ਬਣੇ ਰਹੇ ਹਨ। ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਾਲੇ ਉਨ੍ਹਾਂ ਨੂੰ ਅਮਨ-ਕਾਨੂੰਨ ਦੀਆਂ ਨਸੀਹਤਾਂ ਦਿੰਦੇ ਹਨ ਪਰ ਉਹ ਇਹ ਗੱਲ ਬੜੇ ਮਾਣ ਨਾਲ ਕਹਿ ਸਕਦੇ ਹਨ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਤਿਉਹਾਰ ਸਾਂਝੇ ਤੌਰ ਉਤੇ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ਲਾਪਤਾ ਹੀ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ। ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਪਗ 1200 ਤੋਂ ਵੱਧ ਕੀਮਤੀ ਜਾਨਾਂ ਬਚਾਅ ਚੁੱਕੀ ਹੈ।
ਕੇਂਦਰ ਵੱਲੋਂ ਰੋਕੇ ਗਏ ਫੰਡਾਂ ਉਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ। ਉਨ੍ਹਾਂ ਕਿਹਾ ਕਿ ਉਹ ਜੀਐਸਟੀ ਇਕੱਠਾ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਰਹੇ ਹਨ। ਇਸ ਕਰ ਕੇ ਹੀ ਕੇਂਦਰ ਕੋਲੋਂ ਆਪਣਾ ਹਿੱਸਾ ਮੰਗਦੇ ਹਨ ਤੇ ਕੇਂਦਰ ਉਨ੍ਹਾਂ ’ਤੇ ਕੋਈ ਅਹਿਸਾਨ ਨਹੀਂ ਕਰਦਾ।