21 Dec 2024

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ: ਮਾਨ


ਐਸਏਐਸ ਨਗਰ (ਮੁਹਾਲੀ) - ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter