21 Dec 2024

ਪੰਜਾਬ ’ਚ ਪੈਟਰੋਲ-ਡੀਜ਼ਲ ਤੇ ਬਿਜਲੀ ਹੋਈ ਮਹਿੰਗੀ

ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਸੂਬਾ ਸਰਕਾਰ ਨੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਝਟਕਾ ਦਿੰਦਿਆਂ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਕਰੀਬ 3 ਰੁਪਏ ਪ੍ਰਤੀ ਯੂਨਿਟ ਦੀ ਬਿਜਲੀ ਸਬਸਿਡੀ ਵੀ ਖਤਮ ਕਰ ਦਿੱਤੀ ਹੈ। ਇਹ ਫੈਸਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਹਨ। ਸੂਬਾ ਸਰਕਾਰ ਨੇ ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੇ ਅਮਲ ਨੂੰ ਖ਼ਤਮ ਕਰਨ ਦੀ ਸਹਿਮਤੀ ਦਿੱਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਪੈਟਰੋਲ ’ਤੇ 61 ਪੈਸੇ ਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਵੈਟ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਤੇ ਵੈਟ ਵਧਾਉਣ ਨਾਲ ਪੈਟਰੋਲ ਤੋਂ 150 ਕਰੋੜ ਰੁਪਏ ਦੇ ਕਰੀਬ ਅਤੇ ਡੀਜ਼ਲ ਤੋਂ 390-400 ਕਰੋੜ ਰੁਪਏ ਮਾਲੀਆ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 7 ਕਿਲੋਵਾਟ ਲੋਡ ਤੱਕ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਕਰੀਬ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਵੀ ਖ਼ਤਮ ਕਰ ਦਿੱਤੀ ਹੈ। ਇਸ ਨਾਲ ਸੂਬੇ ਨੂੰ 1500 ਤੋਂ 1800 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ। ਇਹ ਬਿਜਲੀ ਸਬਸਿਡੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਲ 2022 ਦੀ ਸ਼ੁਰੂਆਤ ਵਿੱਚ ਦੇਣੀ ਸ਼ੁਰੂ ਕੀਤੀ ਗਈ ਸੀ। ਸ੍ਰੀ ਚੀਮਾ ਨੇ ਸਪਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਘਰੇਲੂ ਖਪਤਕਾਰ ਨੂੰ ਦਿੱਤੀ ਜਾ ਰਹੀ ਮਾਸਿਕ 300 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਜਾਰੀ ਰਹੇਗੀ। ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰ ਦਿੱਤਾ ਹੈ। ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵੇਂ ਵਾਹਨ ਲੈਣ ਵਾਲਿਆਂ ਨੂੰ ਇਕੱਠੇ ਚਾਰ ਸਾਲ ਦਾ ਟੈਕਸ ਭਰਨ ’ਤੇ 10 ਫੀਸਦ ਅਤੇ ਅੱਠ ਸਾਲਾਂ ਦਾ ਟੈਕਸ ਭਰਨ ’ਤੇ 20 ਫੀਸਦੀ ਤੱਕ ਦੀ ਰਿਆਇਤ ਦਿੱਤੀ ਜਾਵੇਗੀ। ਮੰਤਰੀ ਮੰਡਲ ਨੇ ਪੰਜਾਬ ਦੇ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓਟੀਐੱਸ-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦਿੱਤੀ ਹੈ। ਸੂਬਾ ਸਰਕਾਰ ਨੇ ਓਟੀਐੱਸ ਰਾਹੀਂ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਐਤਕੀਂ 164 ਕਰੋੜ ਰੁਪਏ ਵਾਧੂ ਕਮਾਏ ਹਨ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।
ਨਵੀਂ ਖੇਤੀ ਨੀਤੀ ਤੇ ਸਿੱਖਿਆ ਨੀਤੀ ਬਣਾਉਣ ਲਈ ਹਰੀ ਝੰਡੀ
ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਅਤੇ ਸਿੱਖਿਆ ਨੀਤੀ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਰਵਾਇਤੀ ਖੇਤੀ ਖੜੋਤ ਕੰਢੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਨਵੀਂ ਖੇਤੀ ਨੀਤੀ ਪੰਜਾਬ ਦੇ ਖੇਤੀ ਮਾਹਿਰਾਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਵਿਚਾਰ-ਚਰਚਾ ਤੋਂ ਬਾਅਦ ਤਿਆਰ ਕੀਤੀ ਜਾਵੇਗੀ। ਸੂਬੇ ਵਿੱਚ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਬਣਾਉਣ ਦੀ ਵੀ ਮੰਤਰੀ ਮੰਡਲ ਨੇ ਸਹਿਮਤੀ ਦੇ ਦਿੱਤੀ। ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਿੱਖਿਆ ਖੇਤਰ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter