ਜੰਮੂ-ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਖੜਗੇ ਨੇ ਕਿਹਾ ਕਿ ਜੰਮੂ ਕਸ਼ਮੀਰ ਲਈ ਕਾਂਗਰਸ ਦੀਆਂ ਸੱਤ ਗਾਰੰਟੀਆਂ ਦਾ ਉਦੇਸ਼ ਖੇਤਰ ਲਈ ਇੱਕ ਸੁਨਹਿਰੇ ਭਵਿੱਖ ਦੀ ਸ਼ੁਰੂਆਤ ਕਰਨਾ ਹੈ। ਖੜਗੇ ਨੇ ਐਕਸ ’ਤੇ ਕਿਹਾ, ‘‘ਕਾਂਗਰਸ ਨੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਦਾ ਸੰਕਲਪ ਲਿਆ ਹੈ।’’ ਕਾਂਗਰਸ ਪ੍ਰਧਾਨ ਨੇ ਜੰਮੂ ਕਸ਼ਮੀਰ ਦੇ ਲੋਕਾਂ ਲਈ ਪਾਰਟੀ ਦੀਆਂ ਸੱਤ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਕਿਹਾ, ‘‘ਇਹ ਗਾਰੰਟੀਆਂ ਸਮਾਜਿਕ ਨਿਆਂ ਤੇ ਆਰਥਿਕ ਸਸ਼ਕਤੀਕਰਨ ’ਤੇ ਧਿਆਨ ਕੇਂਦਰਿਤ ਕਰਕੇ ਇੱਕ ਸੁਨਹਿਰਾ ਭਵਿੱਖ ਲਿਆਉਣਗੀਆਂ।’’ ਪਾਰਟੀ ਦੀ ਪਹਿਲੀ ਗਾਰੰਟੀ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ ਹਰ ਪਰਿਵਾਰ ਨੂੰ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਹਰ ਜ਼ਿਲ੍ਹੇ ਵਿੱਚ ਸੁਪਰ-ਸਪੈਸ਼ਲਿਟੀ ਹਸਪਤਾਲ ਦੀ ਸਥਾਪਨਾ ਦਾ ਵਾਅਦਾ ਕੀਤਾ ਹੈ। -ਪੀਟੀਆਈ
ਉਦੈ ਭਾਨੂ ਚਿਬ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ
ਨਵੀਂ ਦਿੱਲੀ: ਕਾਂਗਰਸ ਨੇ ਉਦੈ ਭਾਨੂ ਚਿਬ ਨੂੰ ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਸ੍ਰੀਨਿਵਾਸ ਬੀ.ਵੀ. ਦੀ ਥਾਂ ਲੈਣਗੇ। ਚਿਬ ਮੌਜੂਦਾ ਸਮੇਂ ਆਈਵਾਈਸੀ ਦੇ ਜਨਰਲ ਸਕੱਤਰ ਸਨ ਅਤੇ ਜੰਮੂ ਕਸ਼ਮੀਰ ਪ੍ਰਦੇਸ਼ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਦੈ ਭਾਨੂ ਚਿਬ ਨੂੰ ਤੁਰੰਤ ਪ੍ਰਭਾਵ ਤੋਂ ਇੰਡੀਅਨ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੇ ਸ੍ਰੀਨਿਵਾਸ ਬੀਵੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।