ਨਰਾਇਣਗੜ੍ਹ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਸਨਅਤੀ ਘਰਾਣਿਆਂ ਲਈ ਕੰਮ ਕਰਨ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਗੌਤਮ ਅਡਾਨੀ ਦੇ ਬੈਂਕ ਖਾਤਿਆਂ ਵਿੱਚ ਪੈਸਾ ਸੁਨਾਮੀ ਵਾਂਗ ਜਾ ਰਿਹਾ ਹੈ, ਜਦਕਿ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਪੈਸਾ ਤੂਫ਼ਾਨ ਵਾਂਗ ਨਿਕਲ ਰਿਹਾ ਹੈ। ਗਾਂਧੀ ਅੰਬਾਲਾ ਜ਼ਿਲ੍ਹੇ ਵਿੱਚ ਨਰਾਇਣਗੜ੍ਹ ਦੇ ਹੁੱਡਾ ਗਰਾਊਂਡ ਵਿੱਚ ਕਾਂਗਰਸ ਦੀ ‘ਵਿਜੈ ਸੰਕਲਪ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੜਾਈ ਕਾਂਗਰਸ ਅਤੇ ਭਾਜਪਾ ਤੇ ਉਸ ਦੀ ਵਿਚਾਰਧਾਰਾ ਦਰਮਿਆਨ ਹੈ।
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਰਕਾਰ ਵੱਡੇ ਉਦਯੋਗਪਤੀਆਂ ਦੀ ਹੈ। ਉਨ੍ਹਾਂ ਕਿਹਾ, ‘ਹਰਿਆਣਾ ਵਿੱਚ ਅਜਿਹੀ ਸਰਕਾਰ ਨਹੀਂ ਚਾਹੀਦੀ, ਸਗੋਂ ਕਿਸਾਨਾਂ, ਮਜ਼ਦੂਰਾਂ ਅਤੇ ਗ਼ਰੀਬਾਂ ਦੀ ਸਰਕਾਰ ਚਾਹੀਦੀ ਹੈ।’ ਆਪਣੀ ਹਾਲੀਆ ਅਮਰੀਕਾ ਫੇਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਥੇ ਹਰਿਆਣਾ ਦੇ ਕੁਝ ਪਰਵਾਸੀਆਂ ਨਾਲ ਮੁਲਾਕਾਤ ਕੀਤੀ, ਜੋ ਬਿਹਤਰ ਭਵਿੱਖ ਦੀ ਤਲਾਸ਼ ਵਿੱਚ 50-50 ਲੱਖ ਰੁਪਏ ਖਰਚ ਕੇ ਉੱਥੇ ਪਹੁੰਚੇ ਸਨ ਕਿਉਂਕਿ ਉਨ੍ਹਾਂ ਨੂੰ ਆਪਣੇ ਪਿਤਰੀ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ।
ਗਾਂਧੀ ਨੇ ਕਿਹਾ ਕਿ ਇਹ ਦੇਖਣਾ ਅਹਿਮ ਹੈ ਕਿ ਕਿੰਨਾ ਪੈਸਾ ਗ਼ਰੀਬ ਅਤੇ ਆਮ ਲੋਕਾਂ ਦੀਆਂ ਜੇਬਾਂ ਵਿੱਚ ਆ ਰਿਹਾ ਹੈ ਅਤੇ ਕਿੰਨਾ ਬਾਹਰ ਜਾ ਰਿਹਾ ਹੈ। ਉਨ੍ਹਾਂ ਕਿਹਾ, ‘ਅਡਾਨੀ ਜੀ ਬਾਰੇ ਸੋਚੋ। ਉਹ ਸਵੇਰੇ ਉੱਠਦੇ ਹਨ, ਖੇਤਾਂ ਵਿੱਚ ਕੰਮ ਨਹੀਂ ਕਰਦੇ, ਹਲ਼ ਨਹੀਂ ਚਲਾਉਂਦੇ, ਛੋਟਾ-ਮੋਟਾ ਕੰਮ ਨਹੀਂ ਕਰਦੇ, ਚੰਗਾ ਖਾਣਾ ਖਾਂਦੇ ਹਨ, ਆਲੀਸ਼ਾਨ ਘਰ ਵਿੱਚ ਰਹਿੰਦੇ ਹਨ ਅਤੇ 24 ਘੰਟੇ, ਉਨ੍ਹਾਂ ਦੇ ਬੈਂਕ ਖਾਤੇ ਵਿੱਚ ਬਿਨਾਂ ਰੁਕੇ ਪੈਸੇ ਆਉਂਦੇ ਰਹਿੰਦੇ ਹਨ। ਜਿਵੇਂ ਸੁਨਾਮੀ ਆਉਂਦੀ ਹੈ, ਇਵੇਂ ਹੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਪੈਸੇ ਆਉਂਦੇ ਰਹਿੰਦੇ ਹਨ, ਜਦਕਿ ਆਮ ਲੋਕਾਂ ਦੇ ਬੈਂਕ ਖਾਤਿਆਂ ’ਚੋਂ ਪੈਸਾ ਤੂਫਾਨ ਵਾਂਗ ਬਾਹਰ ਜਾ ਰਿਹਾ ਹੈ।’’ ਰਾਹੁਲ ਨੇ ਦਾਅਵਾ ਕੀਤਾ ਕਿ ਕਾਂਗਰਸ ਕਿਸਾਨਾਂ, ਗ਼ਰੀਬਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਹੈ, ਜਦਕਿ ਭਾਜਪਾ ਵੱਡੇ ਸਨਅਤੀ ਘਰਾਣਿਆਂ ਨੂੰ ਲਾਭ ਪਹੁੰਚਾਉਂਦੀ ਹੈ। ਰੈਲੀ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਪਾਰਟੀ ਦੇ ਸੂਬਾ ਪ੍ਰਧਾਨ ਉਦੈ ਭਾਨ, ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਅਤੇ ਨਰਾਇਣਗੜ੍ਹ ਵਿਧਾਨ ਸਭਾ ਤੋਂ ਉਮੀਦਵਾਰ ਸ਼ੈਲੀ ਚੌਧਰੀ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਮੌਜੂਦ ਸਨ।