ਚੰਡੀਗੜ੍ਹ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ ਦੇ 90 ਅਸੈਂਬਲੀ ਹਲਕਿਆਂ ਲਈ 2.03 ਕਰੋੜ ਤੋਂ ਵੱਧ ਵੋਟਰਾਂ ਵੱਲੋਂ 5 ਅਕਤੂਬਰ ਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਵਿੱਚ ਕੁੱਲ 1031 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਹੁਣ ਚੋਣਾਂ ਤੋਂ ਪਹਿਲਾਂ ਉਮਾਦਵਾਰਾਂ ਵੱਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸੂਬੇ ਤੋਂ ਬਾਹਰਲੇ ਵਿਅਕਤੀਆਂ ਨੂੰ ਵਿਧਾਨ ਸਭਾ ਹਲਕਿਆਂ ਤੋਂ ਬਾਹਰ ਜਾਣ ਦੇ ਆਦੇਸ਼ ਦਿੱਤੇ ਹਨ। ਹਰਿਆਣਾ ਅਸੈਂਬਲੀ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ, ਜਦੋਂਕਿ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।
ਚੋਣ ਪ੍ਰਚਾਰ ਦੇ ਅੰਤਿਮ ਦਿਨ ਅੱਜ ਭਾਜਪਾ, ਕਾਂਗਰਸ, ‘ਆਪ’ ਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਵੱਡੇ ਸਿਆਸੀ ਆਗੂਆਂ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੋਡ ਸ਼ੋਅ ਅਤੇ ਚੋਣ ਰੈਲੀਆਂ ਕੀਤੀਆਂ। ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵਿਧਾਨ ਸਭਾ ਹਲਕਾ ਨੂਹ ਤੇ ਮਹਿੰਦਰਗੜ੍ਹ ਵਿੱਚ ਦੋ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ। ਭਾਜਪਾ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਿਧਾਨ ਸਭਾ ਹਲਕਾ ਸਫੀਦੋਂ ਤੇ ਕਲਾਇਤ ਵਿੱਚ ਦੋ ਰੈਲੀਆਂ ਕੀਤੀਆਂ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੰਬਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਆਮ ਆਦਮੀ ਪਾਰਟੀ (ਆਪ) ਉਮੀਦਵਾਰਾਂ ਦੇ ਹੱਕ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਹਲਕਾ ਬਰਵਾਲਾ ਵਿੱਚ ਰੋਡ ਸ਼ੋਅ ਕੱਢਿਆ ਅਤੇ ਵਿਧਾਨ ਸਭਾ ਹਲਕਾ ਬਾਡੜਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਵਿਧਾਨ ਸਭਾ ਹਲਕਾ ਬਵਾਨੀ ਖੇੜਾ, ਹਾਂਸੀ ਅਤੇ ਉਚਾਨਾ ਕਲਾਂ ਵਿੱਚ ਰੋਡ ਸ਼ੋਅ ਕੱਢੇ। ਆਗੂਆਂ ਨੇ ਸੂਬੇ ਦੇ ਵੋਟਰਾਂ ਨੂੰ ਖੁੱਲ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ।ਹਰਿਆਣਾ ਅਸੈਂਬਲੀ ਚੋਣਾਂ ਵਿੱਚ ਭਾਜਪਾ, ਕਾਂਗਰਸ, ‘ਆਪ’, ਇਨੈਲੋ ਤੇ ਜੇਜੇਪੀ ਵਕਾਰ ਦੀ ਲੜਾਈ ਲੜ ਰਹੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਕੇਂਦਰ ਦੀ ਤਰਜ਼ ’ਤੇ ਹਰਿਆਣਾ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਕਾਂਗਰਸ ਸਣੇ ਹੋਰਨਾਂ ਪਾਰਟੀਆਂ ਭਾਜਪਾ ਦਾ ਹੰਕਾਰ ਤੋੜਨ ਵਿੱਚ ਲੱਗੀਆਂ ਹੋਈਆਂ ਹਨ। ਇਸੇ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਅਤੇ ਇਕ ਦੂਜੇ ’ਤੇ ਨਿੱਜੀ ਟਿੱਪਣੀਆਂ ਕਰਕੇ ਘੇਰਾਬੰਦੀ ਕੀਤੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ 2,03,54,350 ਵੋਟਰਾਂ ਵੱਲੋਂ 1031 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾਵੇਗਾ। ਇਸ ਵਿੱਚ 1,07,75,957 ਪੁਰਸ਼ ਤੇ 95,77,926 ਮਹਿਲਾਵਾਂ ਅਤੇ ਥਰਡ ਜੈਂਡਰ 467 ਵੋਟਰ ਹਨ।