ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਉਸਾਰਨ ਲਈ 10 ਏਕੜ ਜ਼ਮੀਨ ਦੇਣ ਵਿਰੁੱਧ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਇੱਕਸੁਰ ਹੋ ਗਈਆਂ ਹਨ। ਸਾਰੀਆਂ ਸਿਆਸੀ ਧਿਰਾਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਦੇਣ ਦੇ ਫ਼ੈਸਲੇ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਆਪਣੀ ਪਾਰਟੀ ਹੀ ਵਿਰੁੱਧ ਖੜ੍ਹੇ ਦਿਖਾਈ ਦੇ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ ਵਿੱਚ ਦਖ਼ਲ ਦੇਣ ਅਤੇ ਫੈਸਲੇ ’ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਸ੍ਰੀ ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਲਿਖਿਆ ਹੈ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਵਜੋਂ ਸਿਰਫ਼ ਇੱਕ ਜ਼ਮੀਨੀ ਖਿੱਤਾ ਨਹੀਂ ਹੈ ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਬੀਤੇ ਸਮੇਂ ਵਿੱਚ ਲੱਗੇ ਜ਼ਖ਼ਮਾਂ ’ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬੀਆਂ ਦੀ ਸਮਾਜਿਕ ਅਤੇ ਧਾਰਮਿਕ ਚੜ੍ਹਦੀ ਕਲਾ ਲਈ ਕਈ ਕਦਮ ਚੁੱਕੇ ਹਨ, ਪਰ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਵਿਚਾਲੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ। ਸ੍ਰੀ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀ ਨਾਸਮਝੀ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਵਿਧਾਨ ਸਭਾ ਲਈ ਵੀ ਚੰਡੀਗੜ੍ਹ ਵਿੱਚ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ’ਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ।