ਨਵੀਂ ਦਿੱਲੀ-ਸੰਸਦ ਦੇ ਸਰਦ ਰੁੱਤ ਇਜਲਾਸ ਦਾ ਲਗਾਤਾਰ ਤੀਜਾ ਦਿਨ ਅੱਜ ਹੰਗਾਮੇ ਦੀ ਭੇਟ ਚੜ੍ਹ ਗਿਆ। ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਅਡਾਨੀ ਅਤੇ ਮਨੀਪੁਰ ਤੇ ਸੰਭਲ ਹਿੰਸਾ ਦੇ ਮੁੱਦਿਆਂ ’ਤੇ ਚਰਚਾ ਕਰਾਉਣ ਨੂੰ ਲੈ ਕੇ ਰੌਲਾ-ਰੱਪਾ ਪਾਇਆ।
ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਕੁਝ ਹੀ ਸਮੇਂ ਦੇ ਅੰਦਰ ਮੁਲਤਵੀ ਕਰ ਦਿੱਤਾ ਗਿਆ। ਪਹਿਲਾਂ ਦੋਵੇਂ ਸਦਨਾਂ ਨੂੰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕੀਤਾ ਗਿਆ ਸੀ ਪਰ ਮੁੜ ਜੁੜਨ ’ਤੇ ਵਿਰੋਧੀ ਧਿਰਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖੇ ਗਏ ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਉਠਾ ਦਿੱਤੀ ਗਈ। ਇਸ ਤੋਂ ਪਹਿਲਾਂ ਲੋਕ ਸਭਾ ਨੇ ਵਕਫ਼ ਸੋਧ ਬਿੱਲ ਬਾਰੇ ਸਾਂਝੀ ਕਮੇਟੀ ਦਾ ਕਾਰਜਕਾਲ ਅਗਲੇ ਸਾਲ ਬਜਟ ਇਜਲਾਸ ਦੇ ਆਖਰੀ ਦਿਨ ਤੱਕ ਲਈ ਵਧਾਉਣ ਵਾਲੇ ਮਤੇ ਨੂੰ ਪਾਸ ਕਰ ਦਿੱਤਾ। ਇਸ ਦੌਰਾਨ ਕਾਂਗਰਸ ਆਗੂਆਂ ਪ੍ਰਿਯੰਕਾ ਗਾਧੀ ਵਾਡਰਾ ਅਤੇ ਰਵਿੰਦਰ ਚਵਾਨ ਨੇ ਲੋਕ ਸਭਾ ਮੈਂਬਰ ਵਜੋਂ ਹਲਫ਼ ਲਿਆ। ਰਾਜ ਸਭਾ ’ਚ ਚਰਚਾ ਕਰਾਉਣ ਸਬੰਧੀ ਦਿੱਤੇ ਗਏ 16 ਨੋਟਿਸ ਰੱਦ ਕਰ ਦਿੱਤੇ ਗਏ।
ਲੋਕ ਸਭਾ ਵਿਚ ਵਿਰੋਧੀ ਧਿਰਾਂ ਦੇ ਮੈਂਬਰ ਸਪੀਕਰ ਦੇ ਆਸਣ ਅੱਗੇ ਆ ਗਏ ਅਤੇ ਉਹ ਯੂਪੀ ਦੇ ਸੰਭਲ ਵਿਚ ਇੱਕ ਮਸਜਿਦ ਵਿੱਚ ਕੀਤੇ ਜਾ ਰਹੇ ਸਰਵੇਖਣ ਦੌਰਾਨ ਹੋਈ ਹਿੰਸਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਨਾਅਰੇਬਾਜ਼ੀ ਕਰਦੇ ਰਹੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਿਰੋਧ ਪ੍ਰਦਰਸ਼ਨ ਦੀ ਨਿਖੇਧੀ ਕਰਦਿਆਂ ਕਿਹਾ, ‘‘ਮੈਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀਆਂ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਾ ਹਾਂ।” ਪ੍ਰਦਰਸ਼ਨ ਜਾਰੀ ਰਹਿਣ ਦੌਰਾਨ ਹੀ ਸਪੀਕਰ ਦੇ ਆਸਣ ’ਤੇ ਵਿਰਾਜਮਾਨ ਤੇਲਗੂ ਦੇਸਮ ਪਾਰਟੀ ਦੇ ਮੈਂਬਰ ਕ੍ਰਿਸ਼ਨ ਪ੍ਰਸਾਦ ਟੈਨੇਤੀ ਨੇ ਸਦਨ ਦੀ ਕਾਰਵਾਈ ਦਿਨ ਭਰ ਲਈ ਉਠਾ ਦਿੱਤੀ। ਉਧਰ ਰਾਜ ਸਭਾ ਵਿਚ ਵੀ ਅਡਾਨੀ ਮੁੱਦੇ ਅਤੇ ਸੰਭਲ ਤੇ ਮਨੀਪੁਰ ਹਿੰਸਾ ਵਰਗੇ ਮੁੱਦਿਆਂ ਨੂੰ ਲੈ ਕੇ ਰੌਲਾ-ਰੱਪਾ ਪੈਂਦਾ ਰਿਹਾ ਜਿਸ ਕਾਰਨ ਚੇਅਰਮੈਨ ਜਗਦੀਪ ਧਨਖੜ ਨੇ ਪਹਿਲਾਂ ਸਦਨ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕੀਤੀ ਅਤੇ ਫਿਰ ਜਦੋਂ ਸਦਨ ਜੁੜਿਆ ਤਾਂ ਹੰਗਾਮਾ ਜਾਰੀ ਰਹਿਣ ਕਾਰਨ ਇਸ ਨੂੰ ਦਿਨ ਭਰ ਲਈ ਉਠਾ ਦਿੱਤਾ। ਇਸ ਤੋਂ ਪਹਿਲਾਂ ਧਨਖੜ ਨੇ ਕਿਹਾ ਕਿ ਉਨ੍ਹਾਂ ਨੂੰ ਨਿਯਮ 267 ਤਹਿਤ ਸਦਨ ਦਾ ਕੰਮਕਾਰ ਮੁਲਤਵੀ ਕਰਕੇ ਵੱਖ ਵੱਖ ਵਿਸ਼ਿਆਂ ’ਤੇ ਚਰਚਾ ਕਰਾਉਣ ਸਬੰਧੀ 16 ਨੋਟਿਸ ਮਿਲੇ ਹਨ ਪਰ ਉਹ ਇਹ ਸਾਰੇ ਨੋਟਿਸ ਰੱਦ ਕਰਦੇ ਹਨ।