ਅੰਮ੍ਰਿਤਸਰ- ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਦਾ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੀਟਿੰਗ ਹੋਈ ਸੀ ਜਿਸ ’ਚ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ ਅਤੇ ਉਨ੍ਹਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਆਪਣੇ ਘਰ ਵਿਖੇ ਸੱਦ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਵਾਸਤੇ ਪ੍ਰਭਾਵ ਵਰਤਿਆ ਸੀ। ਸਿੰਘ ਸਾਹਿਬਾਨ ਨੇ ਇਸ ਸਬੰਧ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਕੋਲੋਂ ਵੀ ਜਵਾਬ-ਤਲਬੀ ਕੀਤੀ। ਭੂੰਦੜ ’ਤੇ ਨੇ ਆਪਣੇ ’ਤੇ ਡੇਰਾ ਸਿਰਸਾ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ’ਤੇ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦੀ ਹਮਾਇਤ ਕਰਨ ਦਾ ਦੋਸ਼ ਸੀ। ਇਸੇ ਮਾਮਲੇ ਵਿੱਚ ਤਿੰਨ ਸਾਬਕਾ ਜਥੇਦਾਰਾਂ ਕੋਲੋਂ ਵੀ ਸਪਸ਼ਟੀਕਰਨ ਮੰਗੇ ਗਏ ਸਨ ਜਿਨ੍ਹਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਤਿੰਨਾਂ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨਾਂ ਤੋਂ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਜਥੇਦਾਰਾਂ ਨੂੰ ਆਪਣੇ ਘਰ ਬੁਲਾਉਣਾ ਕਬੂਲ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਭਲਕੇ ਤਿੰਨ ਦਸੰਬਰ ਨੂੰ 12 ਵਜੇ ਤੋਂ ਪਹਿਲਾਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਗਈਆਂ ਸਹੂਲਤਾਂ, ਜਿਨ੍ਹਾਂ ਵਿੱਚ ਗੱਡੀਆਂ, ਮੁਲਾਜ਼ਮ ਤੇ ਹੋਰ ਸ਼ਾਮਲ ਹਨ, ਵਾਪਸ ਲੈ ਲਈਆਂ ਜਾਣ। ਇਸੇ ਤਰ੍ਹਾਂ ਸਾਬਕਾ ਜਥੇਦਾਰ ਅਤੇ ਅਕਾਲ ਤਖ਼ਤ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦੀ ਤੁਰੰਤ ਬਦਲੀ ਅੰਮ੍ਰਿਤਸਰ ਤੋਂ ਬਾਹਰ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਹੋਰ ਕਿਸੇ ਤਖ਼ਤ ਸਾਹਿਬ ’ਤੇ ਨਾ ਲਗਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਸਾਰੇ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਪੰਥ ਪਾਸੋਂ ਮੁਆਫ਼ੀ ਨਹੀਂ ਮੰਗਦੇ ਹਨ, ਉਨ੍ਹਾਂ ਦੇ ਜਨਤਕ ਸਮਾਗਮਾਂ ਵਿੱਚ ਬੋਲਣ ’ਤੇ ਵੀ ਰੋਕ ਲਾਈ ਜਾਂਦੀ ਹੈ। ਇਸੇ ਹੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਉਸ ਵੇਲੇ ਦੀ ਅੰਤਰਿੰਗ ਕਮੇਟੀ ਤੋਂ ਵੀ ਪੁੱਛਗਿਛ ਕੀਤੀ ਗਈ। ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਰਾਹੀਂ 90 ਲੱਖ ਰੁਪਏ ਤੋਂ ਵੱਧ ਦੇ ਇਸ਼ਤਿਹਾਰ ਅਖਬਾਰਾਂ ਵਿੱਚ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਗੋਲਕ ਵਿੱਚੋਂ ਵਰਤੀ ਗਈ ਰਕਮ ਦੀ ਭਰਪਾਈ ਵਾਸਤੇ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ ਅਤੇ ਦਲਜੀਤ ਸਿੰਘ ਚੀਮਾ ਪਾਸੋਂ ਇਹ ਰਕਮ ਵਿਆਜ ਸਮੇਤ ਵਸੂਲੀ ਜਾਵੇ। ਇਸ਼ਤਿਹਾਰ ਦੇਣ ਦੇ ਮਾਮਲੇ ਵਿੱਚ ਹਾਮੀ ਭਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਰਘੂਜੀਤ ਸਿੰਘ ਵਿਰਕ, ਕੇਵਲ ਸਿੰਘ ਬਾਦਲ, ਆਰਾਮ ਪਾਲ ਸਿੰਘ ਬਹਿਣੀਵਾਲ, ਰਾਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂਵਾਲ, ਸੁਰਜੀਤ ਸਿੰਘ ਗੜੀ ਆਦਿ ਮੈਂਬਰਾਂ ਨੂੰ ਉਸ ਸਮੇਂ ਇਸ ਫ਼ੈਸਲੇ ਦਾ ਵਿਰੋਧ ਨਾ ਕਰਨ ’ਤੇ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।