ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਵੱਲੋਂ ਡਾਕਟਰੀ ਸਹਾਇਤਾ ਦੇਣ ਲਈ ਤੈਅ ਕੀਤੀ ਸਮਾਂ ਸੀਮਾ ਖ਼ਤਮ ਹੋਣ ਤੋਂ ਐਨ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਕੇਂਦਰ ਸਰਕਾਰ ਨੇ ਵੀ ਜਥੇਬੰਦੀ ਨੂੰ ਗੱਲਬਾਤ ਦਾ ਸੱਦਾ ਦਿੱਤੇ ਜਾਣ ਤੋਂ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ ਹੈ। ਬੇਸ਼ੱਕ ਅੱਜ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਅਮਲ ’ਚ ਲਿਆਉਣ ਲਈ ਉਪਰਾਲੇ ਕੀਤੇ ਪ੍ਰੰਤੂ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ ਹੈ। ਸੁਪਰੀਮ ਕੋਰਟ ਵੱਲੋਂ ਡੱਲੇਵਾਲ ਨੂੰ ਇਲਾਜ ਕਰਾਉਣ ਲਈ ਪੰਜਾਬ ਸਰਕਾਰ ਨੂੰ ਦਿੱਤੀ ਮੋਹਲਤ ਅੱਜ ਖ਼ਤਮ ਹੋ ਗਈ ਹੈ ਅਤੇ ਇਸ ਮੁੱਦੇ ’ਤੇ ਸਿਖਰਲੀ ਅਦਾਲਤ ’ਚ ਭਲਕੇ ਸੁਣਵਾਈ ਹੋਵੇਗੀ।
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਅੱਜ ਡੱਲੇਵਾਲ ਨੇ ਸਪੱਸ਼ਟ ਲਫ਼ਜ਼ਾਂ ’ਚ ਆਖ ਦਿੱਤਾ ਹੈ ਕਿ ਜੇ ਕੇਂਦਰ ਸਰਕਾਰ ਗੱਲਬਾਤ ਲਈ ਰਾਹ ਖੋਲ੍ਹਦੀ ਹੈ ਤਾਂ ਵੀ ਉਹ ਕੋਈ ਮੈਡੀਕਲ ਸਹਾਇਤਾ ਨਹੀਂ ਲੈਣਗੇ। ਕੋਟੜਾ ਨੇ ਦੱਸਿਆ ਕਿ ਅੱਜ ਵਿਚਾਰ-ਚਰਚਾ ਦੌਰਾਨ ਡੱਲੇਵਾਲ ਨੇ ਆਖਿਆ ਹੈ ਕਿ ਉਨ੍ਹਾਂ ਦਾ ਮਰਨ ਵਰਤ ਮੀਟਿੰਗ ਲਈ ਸਮਾਂ ਲੈਣ ਵਾਸਤੇ ਨਹੀਂ ਬਲਕਿ ਮੰਗਾਂ ਨੂੰ ਲਾਗੂ ਕਰਾਉਣ ਵਾਸਤੇ ਹੈ। ਉਨ੍ਹਾਂ ਦੱਸਿਆ ਕਿ ਦੂਸਰੇ ਸੂਬਿਆਂ ਦੇ ਕਿਸਾਨ ਆਗੂ ਵੀ ਸਮਰਥਨ ਵਿਚ ਮੋਰਚਿਆਂ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ।
ਦੋ ਦਿਨਾਂ ਤੋਂ ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹੇਗੀ ਪਰ ਹੁਣ ਇਹ ਆਸਾਰ ਮੱਧਮ ਪੈਣ ਲੱਗ ਪਏ ਹਨ। ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲ ਲਈ ਬਜ਼ਿੱਦ ਜਾਪਦੇ ਹਨ ਕਿ ਕਿਸਾਨਾਂ ’ਤੇ ਕਿਸੇ ਵੀ ਸੂਰਤ ਵਿਚ ਸਰਕਾਰ ਕੋਈ ਜ਼ਬਰਦਸਤੀ ਨਹੀਂ ਕਰੇਗੀ। ਇਸ ਦੌਰਾਨ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਅੱਜ ਦੇ ਬਿਆਨ ’ਤੇ ਨਜ਼ਰ ਮਾਰੀਏ ਤਾਂ ਇਹ ਸੰਕੇਤ ਮਿਲਦੇ ਹਨ ਕਿ ਕੇਂਦਰ ਆਪਣੇ ਤੌਰ ’ਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਨਹੀਂ ਕਰੇਗਾ। ਵੈਸ਼ਨਵ ਨੇ ਕਿਹਾ ਹੈ ਕਿ ਹਰਿਆਣਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਨੇ ਵਿਕਾਸ ਦੇ ਮੱਦੇਨਜ਼ਰ ਭਾਜਪਾ ਨੂੰ ਵੋਟਾਂ ਪਾਈਆਂ ਹਨ। ਦੂਜੇ ਪਾਸੇ ਦਿੱਲੀ ’ਚ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਦੇ ਸੰਦਰਭ ਵਿਚ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਹੀ ਕਦਮ ਚੁੱਕੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 31 ਦਸੰਬਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਜੇ ਕੇਂਦਰ ਵੱਲੋਂ ਗੱਲਬਾਤ ਕਰਨ ਦੀ ਤਜਵੀਜ਼ ਨੂੰ ਸਵੀਕਾਰ ਕੀਤਾ ਜਾਂਦਾ ਹੈ ਤਾਂ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਸਹਿਮਤ ਹੋ ਜਾਣਗੇ। ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਦੇ ਮਾਮਲੇ ’ਤੇ ਪੈਰ ਪਿਛਾਂਹ ਖਿੱਚ ਲਏ ਹਨ। ਖਨੌਰੀ ਮੋਰਚਾ ’ਤੇ ਵੀਰਵਾਰ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਵੀ ਹੋ ਰਹੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ਖਨੌਰੀ ਮੋਰਚਾ ਨੂੰ ਹੁਣ ਕੌਮੀ ਨਕਸ਼ ਦੇਣ ਲਈ ਦੂਸਰੇ ਸੂਬਿਆਂ ’ਚੋਂ ਕਿਸਾਨ ਆਗੂ ਸੱਦਣੇ ਸ਼ੁਰੂ ਕਰ ਦਿੱਤੇ ਹਨ। ਖਨੌਰੀ ਮੋਰਚੇ ’ਤੇ ਅੱਜ ਕਰਨਾਟਕ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਕਿਸਾਨ ਆਗੂ ਪੁੱਜੇ ਜਦੋਂ ਕਿ ਮੱਧ ਪ੍ਰਦੇਸ਼ ਤੋਂ ਕਿਸਾਨ ਆਗੂ ਭਲਕੇ ਆਉਣਗੇ। ਗੈਰ ਸਿਆਸੀ ਮੋਰਚਾ ਹੁਣ ਕੇਂਦਰ ਤੇ ਦਬਾਅ ਵਧਾ ਰਿਹਾ ਹੈ ਬਾਕੀ ਭਲਕੇ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ’ਤੇ ਵੀ ਨਿਰਭਰ ਕਰੇਗਾ।