ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਭਵਿੱਖੀ ਸੰਘਰਸ਼ ਦੀ ਰਣਨੀਤੀ ਲਈ 24-25 ਜਨਵਰੀ ਨੂੰ ਦਿੱਲੀ ’ਚ ਆਪਣੀ ਕੌਮੀ ਮੀਟਿੰਗ ਸੱਦ ਲਈ ਹੈ। ਮਹਾਪੰਚਾਇਤ ਵਿਚ ਐੱਸਕੇਐੱਮ ਅਤੇ ਐੱਸਕੇਐੱਮ (ਗੈਰ ਸਿਆਸੀ) ’ਚ ਏਕਤਾ ਦੇ ਆਸਾਰ ਬਣਨ ਉੱਤੇ ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ ਚੱਲ ਰਹੇ ਮੋਰਚੇ ਖ਼ਿਲਾਫ਼ ਕੋਈ ਵੀ ਟਿੱਪਣੀ ਨਾ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ, ਸਵਾਮੀਨਾਥਨ ਫਾਰਮੂਲੇ ਤਹਿਤ ਐੱਮਐੱਸਪੀ ਤੇ ਖਰੀਦ ਗਾਰੰਟੀ ਕਾਨੂੰਨ ਬਣਾਉਣ ਸਮੇਤ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਕਿਸਾਨ ਲਹਿਰ ਦੇ ਸਾਂਝੇ/ਤਾਲਮੇਲ ਵਾਲੇ ਸੰਘਰਸ਼ ਲਈ ਏਕਤਾ ਦਾ ਮਤਾ ਪਾਸ ਕੀਤਾ। ਇਸ ਮੌਕੇ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਡੱਲੇਵਾਲ ਦਾ ਕੋਈ ਨੁਕਸਾਨ ਹੋਇਆ ਤਾਂ ਮੋਰਚਾ ਸਖਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗਾ। ਇਸ ਮੌਕੇ ਐੱਮਐੱਸਪੀ ਤੇ ਖਰੀਦ ਗਾਰੰਟੀ ਕਾਨੂੰਨ ਬਣਾਉਣ ਸਬੰਧੀ ਸੰਸਦ ਦੀ ਸਥਾਈ ਕਮੇਟੀ ਵੱਲੋਂ ਕਿਸਾਨਾਂ ਦੀ ਮੰਗ ਸਬੰਧੀ ਸਵਾਮੀਨਾਥਨ ਫਾਰਮੂਲੇ ਨੂੰ ਵਿਸਾਰ ਕੇ ਕੀਤੀ ਗਈ ਅਧੂਰੀ ਸਿਫਾਰਸ਼ ਵੀ ਰੱਦ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਵਿੱਚ ਸ਼ਾਮਲ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ ਤੇ ਕ੍ਰਿਸ਼ਨਾ ਪ੍ਰਸਾਦ ਭਲਕੇ 10 ਜਨਵਰੀ 101 ਕਿਸਾਨਾਂ ਦੇ ਜਥੇ ਨਾਲ ਖਨੌਰੀ ਤੇ ਸ਼ੰਭੂ ਬਾਰਡਰ ਵਿਖੇ ਏਕਤਾ ਦਾ ਮਤਾ ਲੈ ਕੇ ਜਾਣਗੇ, ਜਿਸ ਵਿੱਚ 15 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਨ ਦਾ ਸੱਦਾ ਵੀ ਸ਼ਾਮਲ ਹੈ।
ਮਹਾਪੰਚਾਇਤ ’ਚ 13 ਜਨਵਰੀ ਨੂੰ ਤਹਿਸੀਲ ਪੱਧਰ ’ਤੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਡਰਾਫਟ ਦੀਆਂ ਕਾਪੀਆਂ ਸਾੜਨ ਅਤੇ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਦੋਵਾਂ ਧਿਰਾਂ ’ਚ ਸਹਿਮਤੀ ਬਣ ਜਾਂਦੀ ਹੈ ਤਾਂ ਇਹ ਪ੍ਰੋਗਰਾਮ ਸਾਂਝੇ ਤੌਰ ’ਤੇ ਵੀ ਹੋ ਸਕਦਾ ਹੈ। ਰੈਲੀ ਨੂੰ ਸੁਖਦੇਵ ਸਿੰਘ ਕੋਕਰੀ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਡਾ. ਸਤਨਾਮ ਸਿੰਘ ਅਜਨਾਲਾ, ਹਰਦੇਵ ਸਿੰਘ ਸੰਧੂ, ਪ੍ਰੇਮ ਸਿੰਘ ਭੰਗੂ, ਰਾਜਨ ਸ੍ਰੀਸਾਗਰ, ਬਲਕਰਨ ਸਿੰਘ ਬਰਾੜ, ਬਿੰਦਰ ਸਿੰਘ ਗੋਲੇਵਾਲਾ, ਜੋਗਿੰਦਰ ਨੈਨ, ਸੁਰੇਸ਼ ਕੌਥ, ਨਿਰਵੈਲ ਸਿੰਘ ਡਾਲੇਕੇ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਨਛੱਤਰ ਸਿੰਘ ਜੈਤੋ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂਵਾਲਾ, ਰੂਪ ਬਸੰਤ ਸਿੰਘ, ਮਲੂਕ ਸਿੰਘ ਹੀਰਕੇ, ਸੁਖ ਗਿੱਲ ਮੋਗਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਹਰਵਿੰਦਰ ਕੌਰ ਬਿੰਦੂ, ਗੁਰਦੇਵ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ।