ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਚੋਣ ਕਮਿਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਲੋਕਾਂ ਦੀ ਤਾਕਤ ਨੂੰ ਮਜ਼ਬੂਤ ਕਰਨ ਲਈ ਤਕਨਾਲੋਜੀ ਦੀ ਤਾਕਤ ਦਾ ਇਸਤੇਮਾਲ ਕੀਤਾ ਅਤੇ ਨਿਰਪੱਖ ਚੋਣ ਅਮਲ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦਿਖਾਈ। ਸ੍ਰੀ ਮੋਦੀ ਦਾ ਇਹ ਮਾਸਿਕ ਪ੍ਰੋਗਰਾਮ ਆਮ ਕਰਕੇ ਹਰੇਕ ਮਹੀਨੇ ਦੇ ਆਖਰੀ ਐਤਵਾਰ ਪ੍ਰਸਾਰਿਤ ਹੁੰਦਾ ਹੈ, ਪਰ ਅਗਲੇ ਹਫ਼ਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਅਗਾਊਂ ਪ੍ਰਸਾਰਿਤ ਕੀਤਾ ਗਿਆ ਹੈ। ਸ੍ਰੀ ਮੋਦੀ ਨੇ ਚੋਣ ਕਮਿਸ਼ਨ ਦੀ ਤਾਰੀਫ਼ ਅਜਿਹੇ ਮੌਕੇ ਕੀਤੀ ਹੈ ਜਦੋਂ 25 ਜਨਵਰੀ ਨੂੰ ‘ਕੌਮੀ ਵੋਟਰ ਦਿਵਸ’ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੋਣ ਕਮਿਸ਼ਨ ਨੇ ਸਮੇਂ-ਸਮੇਂ ’ਤੇ ਚੋਣ ਅਮਲ ਦੇ ਆਧੁਨਿਕੀਕਰਨ ਦੇ ਨਾਲ ਇਸ ਨੂੰ ਮਜ਼ਬੂਤ ਵੀ ਕੀਤਾ ਹੈ। ਕਾਬਿਲੇਗੌਰ ਹੈ ਕਿ ਵਿਰੋਧੀ ਧਿਰਾਂ ਵੱਲੋਂ ਈਵੀਐੱਮਜ਼ ਦੀ ਨੇਕਨੀਅਤੀ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ ਤੇ ਸ੍ਰੀ ਮੋਦੀ ਦੀਆਂ ਉਪਰੋਕਤ ਟਿੱਪਣੀਆਂ ਨੂੰ ਈਵੀਐੱਮਜ਼ ਦੀ ਤਾਈਦ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁਲਕ ਆਜ਼ਾਦ ਹੋਣ ਤੋਂ ਬਾਅਦ ਭਾਰਤ ਦੀ ਜਮਹੂਰੀਅਤ ਵਜੋਂ ਵਿਹਾਰਕਤਾ ’ਤੇ ਸ਼ੱਕ ਪ੍ਰਗਟਾਇਆ ਗਿਆ ਸੀ, ਪਰ ਦੇਸ਼ ਨੇ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਖ਼ਿਰਕਾਰ, ਭਾਰਤ ਜਮਹੂਰੀਅਤ ਦੀ ਜਨਨੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਭਾਰਤ ਦੀ ਸੰਵਿਧਾਨ ਸਭਾ ਦੇ ਕੁਝ ਮੈਂਬਰਾਂ, ਜਿਨ੍ਹਾਂ ਵਿੱਚ ਇਸ ਦੇ ਚੇਅਰਮੈਨ ਰਾਜਿੰਦਰ ਪ੍ਰਸਾਦ, ਭੀਮ ਰਾਓ ਅੰਬੇਡਕਰ ਅਤੇ ਸ਼ਿਆਮਾ ਪ੍ਰਸਾਦ ਮੁਖਰਜੀ ਸ਼ਾਮਲ ਸਨ, ਦੀਆਂ ਛੋਟੀਆਂ ਆਡੀਓ ਕਲਿੱਪਾਂ ਵੀ ਚਲਾਈਆਂ ਤਾਂ ਜੋ ਉਨ੍ਹਾਂ ਵੱਲੋਂ ਪ੍ਰਚਾਰੀਆਂ ਗਈਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੰਬੇਡਕਰ ਨੇ ਸਭ ਨੂੰ ਸਾਰਿਆਂ ਦੇ ਹਿੱਤ ਵਿੱਚ ਇਕੱਠੇ ਕੰਮ ਕਰਨ ਦਾ ਸੱਦਾ ਦਿੱਤਾ, ਜਦੋਂ ਕਿ ਪ੍ਰਸਾਦ ਨੇ ਮਾਨਵਤਾਵਾਦੀ ਕਦਰਾਂ-ਕੀਮਤਾਂ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸ੍ਰੀ ਮੋਦੀ ਨੇ ਕਿਹਾ, ‘‘ਸਾਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਇੱਕ ਅਜਿਹਾ ਭਾਰਤ ਬਣਾਉਣਾ ਚਾਹੀਦਾ ਹੈ ਜਿਸ ’ਤੇ ਸਾਡੇ ਸੰਵਿਧਾਨ ਨਿਰਮਾਤਾਵਾਂ ਨੂੰ ਮਾਣ ਹੋਵੇ।’’ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸੰਵਿਧਾਨ ਨੂੰ ਲਾਗੂ ਕਰਨ ਦੀ 75ਵੀਂ ਵਰ੍ਹੇਗੰਢ ਮਨਾਏਗਾ। ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਖ-ਵੱਖ ਜਾਤੀਆਂ ਤੇ ਖੇਤਰਾਂ ਦੇ ਲੋਕ ਇਕੱਠੇ ਹੋਏ ਹਨ ਅਤੇ ਕਿਸੇ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਹੈ।