ਨਵੀਂ ਦਿੱਲੀ- ਬਜਟ ਇਜਲਾਸ ਦੇ ਦੂਜੇ ਗੇੜ ਦਾ ਅੱਜ ਸੰਸਦ ਦੇ ਦੋਵੇਂ ਸਦਨਾਂ ’ਚ ਹੰਗਾਮੇਦਾਰ ਆਗ਼ਾਜ਼ ਹੋਇਆ। ਲੋਕ ਸਭਾ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਨੇ ਕੌਮੀ ਸਿੱਖਿਆ ਨੀਤੀ, ਵੋਟਰ ਸੂਚੀਆਂ ’ਚ ਹੇਰਾ-ਫੇਰੀ ਅਤੇ ਮਨੀਪੁਰ ਦੇ ਹਾਲਾਤ ਸਮੇਤ ਹੋਰ ਮੁੱਦਿਆਂ ਨੂੰ ਚੁੱਕਿਆ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਮੈਂਬਰਾਂ ਨੇ ਸਦਨ ’ਚੋਂ ਵਾਕਆਊਟ ਕੀਤਾ। ਉਧਰ ਸਰਕਾਰ ਨੇ ਅੱਜ ਲੋਕ ਸਭਾ ’ਚ ਦੱਸਿਆ ਕਿ ਉਹ ਮਨੀਪੁਰ ਦੇ ਹਾਲਾਤ ਬਾਰੇ ਸਦਨ ’ਚ ਇਕ ਘੰਟੇ ਦੀ ਬਹਿਸ ਕਰਾਉਣ ਲਈ ਤਿਆਰ ਹੈ।
ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਨੇ ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ ਮਗਰੋਂ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਖੜ੍ਹੇ ਸਵਾਲਾਂ ’ਤੇ ਅੱਜ ਸੰਸਦ ਵਿੱਚ ਵਿਸਥਾਰਤ ਚਰਚਾ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਲੋਕ ਸਭਾ ਚ ਸਿਫਰ ਕਾਲ ਦੌਰਾਨ ਕਿਹਾ ਕਿ ਦੇਸ਼ ਭਰ ’ਚ ਵੋਟਰ ਸੂਚੀਆਂ ’ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਸਾਰੀ ਵਿਰੋਧੀ ਧਿਰ ਮੁੱਦੇ ’ਤੇ ਚਰਚਾ ਕਰਾਉਣ ਦੀ ਮੰਗ ਕਰ ਰਹੀ ਹੈ। ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ ਤੇ ਆਰਜੇਡੀ ਨੇ ਵੀ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਤੇ ਸੰਸਦ ਵਿੱਚ ਇਸ ’ਤੇ ਚਰਚਾ ਹੋਣੀ ਚਾਹੀਦੀ ਹੈ। ਦੂਜੇ ਪਾਸੇ ਕਾਂਗਰਸ ਪ੍ਰਧਾਨ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਮਗਰੋਂ ਵਿਰੋਧੀ ਧਿਰ ਨੇ ਰੋਸ ਵਜੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਸ ਸਮੇਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਦੋਂ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਕਿਹਾ ਕਿ ਨਿਯਮ 267 ਤਹਿਤ ਇੱਕ ਦਰਜਨ ਨੋਟਿਸ ਖਾਰਜ ਕਰ ਦਿੱਤੇ ਗਏ ਹਨ। ਇਨ੍ਹਾਂ ਨੋਟਿਸਾਂ ’ਚ ਦਿਨ ਦੇ ਕੰਮਕਾਰ ਨੂੰ ਵੱਖ ਰੱਖ ਕੇ ਜ਼ਰੂਰੀ ਮਾਮਲਿਆਂ ’ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਸੀ। ਇਸੇ ਨਾਮਨਜ਼ੂਰੀ ਦਾ ਹਵਾਲਾ ਦਿੰਦਿਆਂ ਹਰਿਵੰਸ਼ ਨੇ ਖ਼ੜਗੇ ਨੂੰ ਆਪਣਾ ਪੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ। ਵੋਟਰ ਸੂਚੀ ਦੇ ਮੁੱਦੇ ’ਤੇ ਟੀਐੱਮਸੀ ਸੰਸਦ ਮੈਂਬਰ ਕਲਿਆਣ ਬੈਨਰਜੀ, ਸੌਗਾਤਾ ਰੌਏ, ‘ਆਪ’ ਦੇ ਸੰਜੈ ਸਿੰਘ, ਸਮਾਜਵਾਦੀ ਪਾਰਟੀ ਦੇ ਧਰਮੇਂਦਰ ਯਾਦਵ, ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਵੀ ਸਰਕਾਰ ਨੂੰ ਘੇਰਿਆ।