ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਹੈ ਜਿਨ੍ਹਾਂ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦਤਾ ਨਾਲ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਉਨ੍ਹਾਂ ਬਰਨਾਲਾ ਕਲਾਂ ’ਚ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਯਾਦ ਕਰਾਇਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੇ ਨਾਮ ’ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਣ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵੀ ਲੋਕਾਂ ਨੂੰ ਸਮਰਪਿਤ ਕੀਤਾ ਹੈ ਜਿਸ ਤਹਿਤ ਮੁਹਾਲੀ ਦੀ ਏਅਰਪੋਰਟ ਰੋਡ ’ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲਾਇਆ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਜਿਹੇ ਉਪਰਾਲੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਇਸ ਮਹਾਨ ਸ਼ਹੀਦ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ ਚਾਨਣ ਮੁਨਾਰਾ ਸਾਬਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਅੰਗਰੇਜ਼ਾਂ ਦੇ ਮੁਲਕ ਛੱਡ ਜਾਣ ਮਗਰੋਂ ਜਿਨ੍ਹਾਂ ਲੋਕਾਂ ਦੇ ਹੱਥ ਸੱਤਾ ਦੀ ਵਾਗਡੋਰ ਆਈ, ਉਨ੍ਹਾਂ ਨੇ ਅੰਗਰੇਜ਼ਾਂ ਤੋਂ ਵੀ ਵੱਧ ਬੇਰਹਿਮੀ ਨਾਲ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਕੰਪਨੀ ਤੋਂ ਪਾਵਰ ਪਲਾਂਟ ਖਰੀਦਿਆ ਹੈ।