ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦੀ ਅਪੀਲ ਕੀਤੀ। ਉਨ੍ਹਾਂ ਅੱਜ ਲੁਧਿਆਣਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ।
ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿੱਚ ਹੈ। ਨੌਜਵਾਨਾਂ ਵਿੱਚੋਂ ਹੀ ਪੰਜਾਬ ਦੇ ਭਵਿੱਖ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਸਫਲ ਉੱਦਮੀ ਨਿਕਲਣਗੇ। ਨੌਜਵਾਨ ਹੀ ਨਵੇਂ ਪੰਜਾਬ ਦੀ ਸਿਰਜਣਾ ਕਰਨਗੇ। ਉਨ੍ਹਾਂ ਕਿਹਾ, ‘ਤੇਜ਼ੀ ਨਾਲ ਫੈਲ ਰਹੀ ਨਸ਼ੇ ਦੀ ਸਮੱਸਿਆ ਰਾਜ ਦੇ ਭਵਿੱਖ ਲਈ ਖ਼ਤਰਾ ਹੈ। ਜੇਕਰ ਅਸੀਂ ਇਕੱਠੇ ਹੋ ਕੇ ਇਸ ਸਮੱਸਿਆ ਨੂੰ ਖ਼ਤਮ ਨਹੀਂ ਕਰਾਂਗੇ ਤਾਂ ਪੰਜਾਬ ਦੀ ਰੱਖਿਆ ਕੌਣ ਕਰੇਗਾ?’ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਘੁਮਾਰ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ੇ ਦਾ ਵਪਾਰ ਵਧਣ-ਫੁੱਲਣ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੈਸੇ ਅਤੇ ਸਿਆਸੀ ਲਾਭ ਲਈ ਪੰਜਾਬ ਦੇ ਨੌਜਵਾਨਾਂ ਦੀ ਇੱਕ ਪੂਰੀ ਪੀੜ੍ਹੀ ਤਬਾਹ ਕਰ ਦਿੱਤੀ। ਉਨ੍ਹਾਂ ਹਰ ਪਿੰਡ, ਗਲੀ ਅਤੇ ਘਰ ਵਿੱਚ ਨਸ਼ੇ ਨੂੰ ਘੁਸਪੈਠ ਕਰਨ ਦਿੱਤੀ। ਕੇਜਰੀਵਾਲ ਨੇ ਜਨਤਾ ਨੂੰ ਭਰੋਸਾ ਦਿੱਤਾ ਕਿ ਨਸ਼ਿਆਂ ਵਿਰੁੱਧ ਸੂਬੇ ਦੀ ਲੜਾਈ ਹੁਣ ਇੱਕ ਇਮਾਨਦਾਰ ਅਤੇ ਦੇਸ਼ ਭਗਤ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਜੋ ਕੰਮ ਹੋ ਰਹੇ ਹਨ, ਉਹ ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਏ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰ ਰਹੀ ਪੰਜਾਬ ਪੁਲੀਸ ਦੀ ਵੀ ਸ਼ਲਾਘਾ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹਜ਼ਾਰਾਂ ਬੱਚਿਆਂ ਵੱਲੋਂ ਨਸ਼ਾ ਨਾ ਕਰਨ ਦੀ ਸਹੁੰ ਚੁੱਕਣ ਨਾਲ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਜ਼ੋਰ ਮਿਲੇਗਾ।